ਅਗਲੇ 4 ਦਿਨਾਂ ‘ਚ ਤਾਪਮਾਨ 42 ਡਿਗਰੀ ਨੂੰ ਕਰੇਗਾ ਪਾਰ

ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਐਤਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਸ੍ਰੀ ਮੁਕਤਸਰ ਸਾਹਿਬ ਸਭ ਤੋਂ ਗਰਮ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ, ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ, ਫ਼ਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ, ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਸਵੇਰੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 4 ਡਿਗਰੀ ਵੱਧ 20.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਆਉਣ ਵਾਲੇ 7 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ । ਜਿਸ ਕਾਰਨ ਅਗਲੇ ਚਾਰ ਦਿਨਾਂ ਵਿੱਚ ਦਿਨ ਦਾ ਤਾਪਮਾਨ 42 ਡਿਗਰੀ ਨੂੰ ਪਾਰ ਕਰ ਸਕਦਾ ਹੈ। ਜੇਕਰ ਇਹੀ ਸਥਿਤੀ ਬਣੀ ਰਹੀ ਤਾਂ 30 ਅਪ੍ਰੈਲ ਤੋਂ ਪਹਿਲਾਂ ਗਰਮੀ ਦਾ ਰਿਕਾਰਡ ਟੁੱਟ ਜਾਵੇਗਾ। ਜੇਕਰ ਮੌਸਮ ਵਿਭਾਗ ਦੇ ਪਿਛਲੇ ਕੁਝ ਸਾਲਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ 25 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸਭ ਤੋਂ ਵੱਧ ਗਰਮੀ ਰਿਕਾਰਡ ਹੁੰਦੀ ਹੈ। ਇਨ੍ਹਾਂ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਵੀ ਜ਼ਿਆਦਾ ਰਹਿੰਦਾ ਹੈ। ਅੰਮ੍ਰਿਤਸਰ ਦਾ ਤਾਪਮਾਨ ਹੁਣ 42 ਡਿਗਰੀ ਤੋਂ ਪਾਰ ਹੈ, ਇਸ ਲਈ 30 ਅਪ੍ਰੈਲ ਤੱਕ ਇਹ 44 ਡਿਗਰੀ ਨੂੰ ਪਾਰ ਕਰਕੇ ਪਿਛਲੇ ਸਾਰੇ ਰਿਕਾਰਡ ਤੋੜ ਸਕਦਾ ਹੈ।ਇਸ ਤੋਂ ਇਲਾਵਾ ਪਟਿਆਲਾ ਵਿੱਚ ਅੱਜ ਤਾਪਮਾਨ 41 ਡਿਗਰੀ ਨੂੰ ਪਾਰ ਕਰ ਸਕਦਾ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ ਵਿੱਚ ਵੀ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ , ਜਦੋਂ ਕਿ ਘੱਟੋ-ਘੱਟ ਤਾਪਮਾਨ 18.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।