ਬਠਿੰਡਾ ਠੇਕਾ ਮੁਲਾਜਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਅਰਥੀ ਫੂਕ ਪ੍ਰਦਰਸ਼ਨ

ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਬਠਿੰਡਾ ਵਿਖੇ ਵੱਖ ਵੱਖ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਠੇਕਾ ਮੁਲਾਜਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਅੱਜ ਬਠਿੰਡਾ ਦੇ ਭਾਈ ਘਨ੍ਹਈਆ ਚੌਂਕ ਵਿਖੇ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਠੇਕਾ ਮੁਲਾਜਮਾਂ ਪ੍ਰਤੀ ਹੰਕਾਰੀ ਵਿਹਾਰ ਦੀ ਜੋਰਦਾਰ ਨਿਖੇਧੀ ਕੀਤੀ ਗਈ।
ਇਸ ਮੌਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਜ਼ਿਲਾ ਆਗੂ ਗੁਰਵਿੰਦਰ ਸਿੰਘ ਪੰਨੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ 26 ਨਵੰਬਰ ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਮੁਤਾਬਿਕ ਠੇਕਾ ਮੁਲਾਜਮਾਂ ਵਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ ਪੂਰਅਮਨ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਉਸ ਸਮੇਂ ਕਾਮਿਆਂ ਵਿਰੁੱਧ ਨਫਰਤ ਨਾਲ ਭਰੇ ਮੰਤਰੀਆਂ ਵਲੋਂ ਕਾਮਿਆਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ, ਹੰਕਾਰੀ ਲਹਿਜੇ ’ਚ ਡਰਾਉਣ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਅਸੀਂ ਜਨਤਾ ਦੀ ਕਹਿਚਰੀ ਵਿਚ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਪਿਛਲੀ ਅਕਾਲੀ ਸਰਕਾਰ ਨੇ ਵੀ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਮੁਲਾਜਮ ਭਲਾਈ ਐਕਟ 2016 ਬਣਾਇਆ ਸੀ, ਪਰ ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਉਣ ਵਾਲੀ ਜੇਕਰ ਸਾਡੀ ਸੂਬੇ ਅੰਦਰ ਸਰਕਾਰ ਬਣ ਗਈ ਤਾਂ ਅਸੀਂ ਕਿਸਾਨਾਂ ਦੇ ਕਰਜੇ ਮੁਆਫ ਕਰਾਂਗੇ, ਘਰ ਘਰ ਪੱਕਾ ਰੁਜਗਾਰ ਦੇਵਾਂਗੇ ਅਤੇ ਸਾਰੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਾਂਗੇ।ਕਾਂਗਰਸ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਕੀਤੇ ਵਾਅਦਿਆਂ ਦਾ ਹੱਲ ਕਰਨ ਲਈ ਅਸੀਂ ਇਸ ਗੱਲ ਦਾ ਪੂਰੇ ਚਾਰ ਸਾਲ ਇੰਤਜਾਰ ਕੀਤਾ ਅਤੇ ਸਰਕਾਰ ਦੇ ਮੂੰਹ ਵਾਲ ਦੇਖਦੇ ਰਹੇ ਪਰ ਇਸਦੇ ਬਾਅਦ ਅਸੀਂ ਸਰਕਾਰ ਨਾਲ ਵਰਤਾਲਾਪ ਕਰਨੀ ਸ਼ੁਰੂ ਕੀਤੀ ਕਿ ਸਾਡੀਆਂ ਮੰਗਾਂ ਦਾ ਹੱਲ ਕਰਨ ਵਾਸਤੇ ਗੱਲਬਾਤ ਕੀਤੀ ਜਾਵੇ, ਜਿਸ ’ਤੇ ਸਰਕਾਰ ਨੇ 10 ਪੱਤਰ ਵੀ ਲਿਖੇ ਗਏ ਸਨ ਅਤੇ ਵਾਰ ਵਾਰ ਸਮਾਂ ਦੇ ਕੇ ਵੀ ਮੀਟਿੰਗ ਤੱਕ ਨਹੀਂ ਕੀਤੀ ਗਈ। ਇਹ ਲੋਕ ਵਿਰੋਧੀ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਤਿੱਖਾ ਸੰਘਰਸ਼ ਕਰਾਂਗੇ ।ਠੇਕਾ ਮੁਲਾਜਮਾਂ ਦੀ ਮੰਗ ਹੈ ਕਿ ਆਊਟਸੋਰਸਡ, ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਟੈਂਪਰੇਰੀ, ਕੇਂਦਰੀ ਸਕੀਮਾਂ ਤਹਿਤ ਪਿਛਲੇ 15-20 ਸਾਲਾਂ ਦੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਹਰ ਕੈਟਾਗਿਰੀ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਵਾਲਾ ਕਾਨੂੰਨ ਬਣਾਇਆ ਜਾਵੇ ਨਹੀਂ ਤਾਂ ਇਹ ਸੰਘਰਸ਼ ਭਵਿੱਖ ਵਿਚ ਵੀ ਜਾਰੀ ਰਹੇਗਾ।