ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿੱਚ ਐਫ ਆਈ ਆਰ ਦਰਜ

ਪੰਜਾਬ ਸਰਕਾਰ ਵੱਲੋਂ ਇਕਬਾਲ ਪ੍ਰੀਤ ਸਹੋਤਾ ਨੂੰ ਬਦਲ ਕੇ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਬਣਾਏ ਜਾਣ ਤੋਂ ਬਾਅਦ ਹਲਚਲ ਤੇਜ਼ ਹੋ ਗਈ ਹੈ। ਸੋਮਵਾਰ ਅੱਧੀ ਰਾਤ ਨੂੰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫ ਆਈ ਆਰ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਮੁਹਾਲੀ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਦਰਜ ਕੀਤੀ ਹੈ। ਇਸ ਨਵੀਂ ਹਲਚਲ ਨੇ ਸਰਦੀ ਦੇ ਮੌਸਮ ਵਿਚ ਪੰਜਾਬ ਦੀ ਸਿਆਸਤ ਵਿਚ ਗਰਮਾ-ਗਰਮੀ ਲਿਆ ਦਿੱਤੀ ਹੈ।ਜਾਣਕਾਰੀ ਅਨੁਸਾਰ ਇਹ ਮਾਮਲਾ ਐਨਡੀਪੀਐਸ ਐਕਟ ਦੀਆਂ ਧਾਰਾਵਾਂ 25, 27ਏ ਅਤੇ 29 ਤਹਿਤ ਦਰਜ ਕੀਤਾ ਗਿਆ ਹੈ। ਇਨ੍ਹਾਂ ਧਾਰਾਵਾਂ ਤਹਿਤ ਪੁਲਿਸ ਮਜੀਠੀਆ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਪੰਜਾਬ ਪੁਲਿਸ ਨੇ 2013 ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਡੀਐਸਪੀ ਜਗਦੀਸ਼ ਭੋਲਾ ਨੇ ਮੀਡੀਆ ਸਾਹਮਣੇ ਮਜੀਠੀਆ ‘ਤੇ ਡਰੱਗ ਰੈਕੇਟ ‘ਚ ਸ਼ਾਮਲ ਹੋਣ ਦਾ ਦੋਸ਼ ਲਗਾ ਕੇ ਪੰਜਾਬ ਦੀ ਸਿਆਸਤ ‘ਚ ਹਲਚਲ ਮਚਾ ਦਿੱਤੀ ਸੀ। ਇਸ ਤੋਂ ਬਾਅਦ ਕੇਜਰੀਵਾਲ ਨੇ ਵੀ ਮਜੀਠੀਆ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਬਾਅਦ ਵਿੱਚ ਮਾਣਹਾਨੀ ਕੇਸ ਵਿੱਚ ਕੇਜਰੀਵਾਲ ਨੂੰ ਮਜੀਠੀਆ ਤੋਂ ਮੁਆਫੀ ਮੰਗਣੀ ਪਈ। ਸ਼ਨੀਵਾਰ ਨੂੰ ਸਿੱਧੂ ਦੇ ਚਹੇਤੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਬਣਾਏ ਜਾਣ ਤੋਂ ਬਾਅਦ ਪੰਜਾਬ ਡਰੱਗਜ਼ ਮਾਮਲੇ ਵਿੱਚ ਇਹ ਪਹਿਲੀ ਵੱਡੀ ਪੁਲਿਸ ਕਾਰਵਾਈ ਹੈ।