ਪਿੰਡ ਈਨਾ ਖੇੜਾ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ,ਨੌਜਵਾਨ ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ਤੋਂ ਬਾਅਦ ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਖੇ ਮਲੋਟ ਦੇ ਨੇੜਲੇ ਪਿੰਡ ਈਨਾ ਖੇੜਾ ਦੇ ਗੁਰਦੁਆਰਾ ਸਾਹਿਬ ‘ਚ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਕਰਨ ਆਇਆ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲੈ ਆਇਆ। ਇਸ ਤੋਂ ਇਲਾਵਾ ਉਸ ਨੌਜਵਾਨ ਵੱਲੋਂ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਵੀ ਛੇੜਛਾੜ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਨੌਜਵਾਨ ਮਾਨਸਿਕ ਤੌਰ ‘ਤੇ ਪੀੜਤ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਗ੍ਰੰਥੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਲਿਜਾਣ ਲੱਗਾ ਸੀ ਤਾਂ ਉਨ੍ਹਾਂ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ। ਇਹ ਨੌਜਵਾਨ ਪਿੰਡ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਹ ਘਟਨਾ ਸਵੇਰੇ 8.30 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਗ੍ਰੰਥੀ ਨੇ ਦੱਸਿਆ ਕਿ ਜਦੋਂ ਉਹ ਕਿਸੇ ਕੰਮ ਲਈ ਦੂਜੇ ਕਮਰੇ ਵਿੱਚ ਗਿਆ ਸੀ, ਜਿਸ ਤੋਂ ਬਾਅਦ ਉਸਨੇ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਦੁਰਵਿਵਹਾਰ ਕੀਤਾ। ਜਿਸ ਤੋਂ ਉਨ੍ਹਾਂ ਨੇ ਉਸਨੂੰ ਫੜ੍ਹ ਲਿਆ ਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਬਚਾ ਲਿਆ।