Udaan News24

Latest Online Breaking News

ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ-ਬੀਬਾ ਬਾਦਲ

ਬਠਿੰਡਾ: ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਇਥੇ ਜ਼ਿਲ੍ਹੇ ਵਿਚ ਭੁੱਚੋ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪਿਆਂ ਤੇ 11 ਕਰੋੜ ਰੁਪਏ ਨਗਦ ਦੀ ਬਰਾਮਦੀ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਤੇ ਇਹ ਵੀ ਸਪਸ਼ਟ ਕੀਤਾ ਹੈ ਕਿ ਸੂਬੇ ਵਿਚ ਰੇਤ ਮਾਫੀਆ ਸ੍ਰੀ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਅਖੌਤੀ ਗਰੀਬ ਮੁੱਖ ਮੰਤਰੀ ਪੰਜਾਬੀਆਂ ਨੁੰ ਦੰਸਣ ਕਿ ਕਿਵੇਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਬੇਨਾਮੀ ਮਿਲੇ ਹਨ। ਬੀਬਾ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਵੀ ਰਿਪੋਰਟਾਂ ਹਨ ਕਿ ਮੁੱਖ ਮੰਤਰੀ ਨੇ ਆਪਣੀ ਮੋਰਿੰਡਾ ਰਿਹਾਇਸ਼ ਤੋਂ ਵੱਡੀ ਮਾਤਰਾ ਵਿਚ ਨਗਦੀ ਚੰਡੀਗੜ੍ਹ ਵਿਚ ਆਪਣੀ ਸਰਕਾਰੀ ਰਿਹਾਇਸ਼ ’ਤੇ ਪਹੁੰਚਾਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵਦੇਨਸ਼ੀਲ ਮਾਮਲਾ ਹੈ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਚੰਗਾ ਹੋਵੇਗਾ ਜੇਕਰ ਇਹ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ। ਸਰਕਾਰ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ। ਸਮਾਜ ਦੇ ਗਰੀਬ ਤੇ ਐਸ ਸੀ ਵਰਗ ਦੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਅਨੇਕਾਂ ਲਾਭਪਾਤਰੀਆਂ ਦੀ ਨਾਂ ਕੱਟ ਦਿੱਤੇ ਗਏ ਤੇ ਕਈ ਸਕੀਮਾਂ ਤਾਂ ਬੰਦ ਕਰ ਦਿੱਤੀਆਂ ਗਈਆਂ।

ਹਰਸਿਮਰਤ ਬਾਦਲ ਨੇ ਕਿਹਾ ਕਿ ਅਜਿਹਾ ਰਿਕਾਰਡ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਫਿਰ ਤੋਂ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਬਦਲ ਕੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ। ਵੱਡੀਆਂ ਵੱਡੀਆਂ ਸਕੀਮਾਂ ਤੇ ਰਾਹਤਾਂ ਦਾ ਐਲਾਨ ਕੀਤਾ ਗਿਆ ਪਰ ਜ਼ਮੀਨੀ ਪੱਧਰ ’ਤੇ ਕੋਈ ਲਾਗੂ ਨਹੀਂ ਹੋਈਆਂ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਕਾਂਗਰਸ ਦੀ ਸਿਖ਼ਰਲੀ ਕੁਰਸੀ ਵਾਸਤੇ ਅੰਦਰੂਨੀ ਲੜਾਈ ਕਾਰਨ ਲੋਕਾਂ ਨੁੰ ਮੁਸ਼ਕਿਲਾਂ ਝੱਲਣੀਆਂ ਪਈਆਂ ਕਿਉਂਕਿ ਪ੍ਰਸ਼ਾਸਕੀ ਕੰਮਕਾਜ ਠੱਪ ਹੋ ਗਿਆ ਤੇ ਅਮਨ ਕਾਨੁੰਨ ਵਿਵਸਥਾ ਵੀ ਢਹਿ ਢੇਰੀ ਹੋ ਗਈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਹਨਾਂ ਨੇ ਇਕ ਜਾਅਲੀ ਜਿਹਾ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦੀ ਪੋਸਟ ਵੀ ਵੇਚ ਦਿੱਤੀ ਹੈ।ਉਹਨਾਂ ਨੇ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੁੰ ਵੀ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਰੱਬੜ ਦੀ ਮੋਹਰ ਹੋ ਕੇ ਉਹ ਕੇਜਰੀਵਾਲ ਦਾ ਵਿਰੋਧ ਕਿਵੇਂ ਕਰਨਗੇ ਤੇ ਕਿਵੇਂ ਉਹਨਾ ਨੁੰ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੁੰ ਦੇਣ ਦਾ ਵਿਰੋਧ ਕਰਨਗੇ ਤੇ ਕਿਵੇਂ ਉਹਨਾਂ ਦੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਦਾ ਵਿਰੋਧ ਕਰਨਗੇ। ਉਹਨਾਂ ਨੇ ਮਾਨ ਨੁੰ ਆਖਿਆ ਕਿ ਉਹ ਇਹ ਵੀ ਦੱਸਣ ਕਿ ਉਹਨਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੇਸ ਦਰਜ ਕਰਨ ਲਈ ਕੇਜਰੀਵਾਲ ਦੀ ਮੰਗ ਦਾ ਹੁਣ ਤੱਕ ਕਦੇ ਵਿਰੋਧ ਕਿਉਂ ਨਹੀਂ ਕੀਤਾ। ਬੀਬੀ ਬਾਦਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਸਰਦਾਰ ਦਰਸ਼ਨ ਸਿੰਘ ਕੋਟਫੱਤਾ ਦੀ ਜਿੱਤ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਉਹਨਾਂ ਨੁੰ ਵਿਸ਼ਵਾਸ ਹੈ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕਰੇਗਾ ਅਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਹਰ ਪਿੰਡ ਨੁੰ ਵਿਕਾਸ ਕਾਰਜਾਂ ਲਈ ਢੁਕਵੀਂ ਗਰਾਂਟ ਪ੍ਰਦਾਨ ਕੀਤੀ ਜਾਵੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!