ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਲੁਧਿਆਣਾ ਵਿਖੇ ਭਾਜਪਾ ਦੇ ਹੱਕ ਚ ਕੀਤਾ ਪ੍ਰਚਾਰ
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਲੁਧਿਆਣਾ ਵਿਖੇ ਭਾਜਪਾ ਦੇ ਹੱਕ ਵਿੱਚ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਜੋ ਸਰਕਾਰ ਰਹੀ ਹੈ ਉਸ ਨੇ ਲੈਂਡ ਮਾਫੀਆ ਮਾਈਨਿੰਗ ਮਾਫੀਆ ਨੂੰ ਵੀ ਉਤਸ਼ਾਹਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਸਰਕਾਰ ਚਲਾਉਣ ਦੇ ਕਾਬਲ ਨਹੀਂ ਤੇ ਇਸ ਕਰਕੇ ਪੰਜਾਬ ਦੇ ਵਿੱਚ ਡਬਲ ਇੰਜਣ ਵਾਲੀ ਸਰਕਾਰ ਚਾਹੀਦੀ ਹੈ। ਹਰਦੀਪ ਪੁਰੀ ਨੇ ਕਿਹਾ ਕਿ ਸਿਰਫ ਭਾਜਪਾ ਦੇ ਵਿੱਚ ਹੀ ਅਜਿਹੀ ਕਾਬਲੀਅਤ ਹੈ ਕਿ ਉਹ ਪੰਜਾਬ ਵਿੱਚ ਸਰਕਾਰ ਸਹੀ ਢੰਗ ਨਾਲ ਚਲਾ ਸਕੇ। ਇਸ ਮੌਕੇ ਕੇਂਦਰੀ ਮੰਤਰ ਹਰਦੀਪ ਪੁਰੀ ਨੇ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਚੰਨੀ ਉਤੇ ਸਵਾਲ ਖੜ੍ਹੇ ਕੀਤੇ। ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਵੀ ਰਗੜੇ ਲਾਉਂਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਸਥਿਰ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਨਵਜੋਤ ਸਿੰਘ ਸਿੱਧੂ ਦਾ ਕੇਂਦਰੀ ਸੁਰੱਖਿਆ ਦੇ ਮਾਮਲੇ ਉਤੇ ਕੋਈ ਸਟੈਂਡ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਸਿਰ ਤੇ ਲੱਖਾਂ ਕਰੋੜਾਂ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾਂ ਭਾਜਪਾ ਦਾ ਅਕਾਲੀ ਦਲ ਦੇ ਨਾਲ ਗੱਠਜੋੜ ਰਿਹੈ ਜੋ ਉਨ੍ਹਾਂ ਨੂੰ ਬਹੁਤ ਮਹਿੰਗਾ ਪਿਆ।