ਸੁਖਬੀਰ ਬਾਦਲ ਚੰਡੀਗੜ੍ਹ ਚ ਰਿਲੀਜ਼ ਕਰਨਗੇ ਅਕਾਲੀ-ਬਸਪਾ ਦਾ ਮੈਨੀਫੈਸਟੋ, ਆਮ ਲੋਕਾਂ ਲਈ ਹੋਣਗੇ ਵੱਡੇ ਐਲਾਨ
ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਸਪਾ ਗਠਜੋੜ ਅੱਜ ਮੰਗਲਵਾਰ ਨੂੰ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਨਗੇ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਚੰਡੀਗੜ੍ਹ ਵਿੱਚ ਇਸ ਨੂੰ ਰਿਲੀਜ਼ ਕਰਨਗੇ। ਇਸ ਮੌਕੇ ਬਸਪਾ ਆਗੂ ਵੀ ਉਨ੍ਹਾਂ ਦੇ ਨਾਲ ਹੋਣਗੇ। ਅਕਾਲੀ ਦਲ ਗਰੀਬ ਅਤੇ ਪਛੜੇ ਵਰਗ ਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਈ ਐਲਾਨ ਕਰਨ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਵਿੱਚ ਅਕਾਲੀ ਦਲ ਇਸ ਵਾਰ ਭਾਜਪਾ ਤੋਂ ਬਿਨਾਂ ਚੋਣ ਲੜ ਰਿਹਾ ਹੈ। ਕਿਸਾਨ ਅੰਦੋਲਨ ਤੋਂ ਪਹਿਲਾਂ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਛਿੜੇ ਵਿਵਾਦ ਕਰਕੇ ਅਕਾਲੀ ਦਲ ਨੇ ਭਾਜਪਾ ਤੋਂ ਨਾਤਾ ਤੋੜ ਲਿਆ ਸੀ। ਹਰਸਿਮਰਤ ਬਾਦਲ ਨੇ ਵੀ ਕੇਂਦਰੀ ਮੰਤਰੀ ਮੰਡਲ ਤੋਂ ਇਸੇ ਕਰਕੇ ਅਸਤੀਫ਼ਾ ਦੇ ਦਿੱਤਾ ਸੀ। ਪਿੰਡਾਂ ਵਿੱਚ ਅਕਾਲੀ ਦਲ ਦਾ ਵੱਡਾ ਵੋਟ ਬੈਂਕ ਹੈ ਹਾਲਾਂਕਿ ਸ਼ਹਿਰਾਂ ਵਿੱਚ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਹਿਰੀ ਲੋਕਾਂ ਨੂੰ ਲੈ ਕੇ ਵੀ ਵੱਡੇ ਚੋਣ ਐਲਾਨ ਵੀ ਕੀਤੇ ਜਾ ਸਕਦੇ ਹਨ।