ਜਲੰਧਰ ਦੇ ਨਿੱਜੀ ਹਸਪਤਾਲ ਚ ਇੱਕ ਸਟਾਫ ਨਰਸ ਵੱਲੋਂ ਖੁਦਕੁਸ਼ੀ

ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇੱਕ ਸਟਾਫ ਨਰਸ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਨਰਸ ਦੀ ਪਛਾਣ ਪ੍ਰਿਆ ਵਾਸੀ ਕਰਤਾਰਪੁਰ ਵਜੋਂ ਹੋਈ ਹੈ। ਪ੍ਰਿਆ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਹਾਦਸੇ ਤੋਂ ਇੱਕ ਦਿਨ ਪਹਿਲਾਂ ਉਸ ਦੀ ਹਸਪਤਾਲ ਦੇ ਸਟਾਫ ਨਾਲ ਕਿਸੇ ਗੱਲ ਨੂੰ ਲੈ ਕੇ ਕਿਹਾ-ਸੁਣੀ ਹੋ ਗਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰ ਵੱਲੋਂ ਪ੍ਰਿਆ ਨਾਲ ਗਲਤ ਵਿਵਹਾਰ ਕੀਤਾ ਗਿਆ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਪ੍ਰਿਆ ਨੇ ਇਹ ਕਦਮ ਚੁੱਕਿਆ।ਘਟਨਾ ਅੱਜ ਦੁਪਹਿਰ ਦੀ ਦੱਸੀ ਜਾ ਰਹੀ ਹੈ। ਪ੍ਰਿਆ ਦੀ ਮ੍ਰਿਤਕ ਦੇਹ ਹਸਪਤਾਲ ਦੇ ਹੋਸਟਲ ਵਿਚ ਕਮਰੇ ਵਿਚ ਫਾਹੇ ਨਾਲ ਲਟਕਦੀ ਹੋਈ ਮਿਲੀ। ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਥਾਣਾ ਡਵੀਜ਼ਨ ਦੋ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਕੋਈ ਸੁਸਾਈ ਨੋਟ ਬਰਾਮਦ ਨਹੀਂ ਹੋਇਆ ਹੈ। ਪੀੜਤ ਪੱਖ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਉਸ ਤੋਂ ਬਾਅਦ ਕਾਵਾਈ ਕੀਤੀ ਜਾਵੇਗੀ।